ਦੂਜੈ ਭਾਇ ਦੈਤ ਸੰਘਾਰੇ ॥
ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥
੮॥
ਬੂਡਾ ਦੁਰਜੋਧਨੁ ਪਤਿ ਖੋਈ ॥
ਰਾਮੁ ਨ ਜਾਨਿਆ ਕਰਤਾ ਸੋਈ ॥
ਜਨ ਕਉ ਦੂਖਿ ਪਚੈ ਦੁਖੁ ਹੋਈ ॥
੯॥
ਜਨਮੇਜੈ ਗੁਰ ਸਬਦੁ ਨ ਜਾਨਿਆ ॥
ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥
ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥
੧੦॥
ਕੰਸੁ ਕੇਸੁ ਚਾਂਡੂਰੁ ਨ ਕੋਈ ॥
ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥
ਬਿਨੁ ਜਗਦੀਸ ਨ ਰਾਖੈ ਕੋਈ ॥
੧੧॥
ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥
ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥
ਨਾਨਕ ਨਾਮੁ ਮਿਲੈ ਗੁਣ ਗਾਇ ॥
੧੨॥
੯॥
ਗਉੜੀ ਮਹਲਾ ੧ ॥
ਚੋਆ ਚੰਦਨੁ ਅੰਕਿ ਚੜਾਵਉ ॥
ਪਾਟ ਪਟੰਬਰ ਪਹਿਰਿ ਹਢਾਵਉ ॥
ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥
੧॥
ਕਿਆ ਪਹਿਰਉ ਕਿਆ ਓਢਿ ਦਿਖਾਵਉ ॥
ਬਿਨੁ ਜਗਦੀਸ ਕਹਾ ਸੁਖੁ ਪਾਵਉ ॥
੧॥
ਰਹਾਉ ॥
ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥
ਲਾਲ ਨਿਹਾਲੀ ਫੂਲ ਗੁਲਾਲਾ ॥
ਬਿਨੁ ਜਗਦੀਸ ਕਹਾ ਸੁਖੁ ਭਾਲਾ ॥
੨॥
ਨੈਨ ਸਲੋਨੀ ਸੁੰਦਰ ਨਾਰੀ ॥
ਖੋੜ ਸੀਗਾਰ ਕਰੈ ਅਤਿ ਪਿਆਰੀ ॥
ਬਿਨੁ ਜਗਦੀਸ ਭਜੇ ਨਿਤ ਖੁਆਰੀ ॥
੩॥
ਦਰ ਘਰ ਮਹਲਾ ਸੇਜ ਸੁਖਾਲੀ ॥
ਅਹਿਨਿਸਿ ਫੂਲ ਬਿਛਾਵੈ ਮਾਲੀ ॥
ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥
੪॥
ਹੈਵਰ ਗੈਵਰ ਨੇਜੇ ਵਾਜੇ ॥
ਲਸਕਰ ਨੇਬ ਖਵਾਸੀ ਪਾਜੇ ॥
ਬਿਨੁ ਜਗਦੀਸ ਝੂਠੇ ਦਿਵਾਜੇ ॥
੫॥
ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥
ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥
ਬਿਨੁ ਜਗਦੀਸ ਕਹਾ ਸਚੁ ਪਾਵਉ ॥
੬॥
ਖਾਨੁ ਮਲੂਕੁ ਕਹਾਵਉ ਰਾਜਾ ॥
ਅਬੇ ਤਬੇ ਕੂੜੇ ਹੈ ਪਾਜਾ ॥
ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥
੭॥
ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥
ਗੁਰਮਤਿ ਜਾਨਿਆ ਰਿਦੈ ਮੁਰਾਰੀ ॥
ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥
੮॥
੧੦॥
ਗਉੜੀ ਮਹਲਾ ੧ ॥
ਸੇਵਾ ਏਕ ਨ ਜਾਨਸਿ ਅਵਰੇ ॥
ਪਰਪੰਚ ਬਿਆਧਿ ਤਿਆਗੈ ਕਵਰੇ ॥
ਭਾਇ ਮਿਲੈ ਸਚੁ ਸਾਚੈ ਸਚੁ ਰੇ ॥
੧॥
ਐਸਾ ਰਾਮ ਭਗਤੁ ਜਨੁ ਹੋਈ ॥
ਹਰਿ ਗੁਣ ਗਾਇ ਮਿਲੈ ਮਲੁ ਧੋਈ ॥
੧॥
ਰਹਾਉ ॥
ਊਂਧੋ ਕਵਲੁ ਸਗਲ ਸੰਸਾਰੈ ॥
ਦੁਰਮਤਿ ਅਗਨਿ ਜਗਤ ਪਰਜਾਰੈ ॥
ਸੋ ਉਬਰੈ ਗੁਰ ਸਬਦੁ ਬੀਚਾਰੈ ॥
੨॥
ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥
ਮਿਰਗੁ ਮਰੈ ਸਹਿ ਅਪੁਨਾ ਕੀਨਾ ॥
ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥
੩॥
ਕਾਮੁ ਚਿਤੈ ਕਾਮਣਿ ਹਿਤਕਾਰੀ ॥
ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥
ਪਤਿ ਮਤਿ ਖੋਵਹਿ ਨਾਮੁ ਵਿਸਾਰੀ ॥
੪॥